32 C
Punjab
Thursday, March 5, 2026

ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਮਾਮਲੇ ‘ਚ ਸਿੱਟ ਦੀ ਜਾਂਚ ਰੋਕਣ ਦੇ ਯਤਨ ਕਿਉਂ ?

ਜਗਸੀਰ ਸਿੰਘ ਸੰਧੂ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਮਾਮਲੇ ਵਿੱਚ ਹੈ ਰਹੀ ਜਾਂਚ ਨੂੰ ਰੋਕਣ ਲਈ ਭਾਵੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਾਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਪਰ ਸਿੱਟ ਵੱਲੋਂ ਕੀਤੀ ਜਾਂਚ ਵਿੱਚ ਨਵੇਂ ਖੁਲਾਸੇ ਹੋ ਰਹੇ ਹਨ। ਦਰਅਸਲ ਜਦੋਂ ਤੋਂ ਇਹ ਮਾਮਲਾ ਸਾਹਮਣੇ ਆਇਆ ਹੈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਦੋਂ ਤੋਂ ਹੀ ਇਸ ਨੂੰ ਦਬਾਉਣ ਲਈ ਪੂਰੀ ਵਾਹ ਲਾ ਰਹੀ ਹੈ। ਸਭ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੇ ਖੁਦ ਹੀ ਇੱਕ ਕਮੇਟੀ ਬਣਾ ਕੇ ਇਸ ਮਾਮਲੇ ਨੂੰ ਰਫ਼ਾ ਦਫ਼ਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਜਦੋਂ ਗੱਲ ਨਾ ਬਣੀ ਤਾਂ ਮਾਮਲਾ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਭੇਜ ਦਿੱਤਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਸਾਹਿਬ ਵੱਲੋਂ ਹਾਈਕੋਰਟ ਦੀ ਸੇਵਾ ਮੁਕਤ ਜੱਜ ਨਵਿਤਾ ਸਿੰਘ ਦੀ ਅਗਵਾਈ ਵਾਲੀ ਜਾਂਚ ਕਮੇਟੀ ਬਣਾ ਦਿੱਤੀ ਗਈ, ਪਰ ਕਰੋਨਾ ਕਾਲ ਹੋਣ ਕਰਕੇ ਜਸਟਿਸ ਨਵਿਤਾ ਸਿੰਘ ਨੇ ਜਾਂਚ ਕਰਨ ਤੋਂ ਅਸਮਰੱਥਾ ਪ੍ਰਗਟ ਕਰ ਦਿੱਤੀ, ਫਿਰ ਐਡਵੋਕੇਟ ਈਸ਼ਰ ਸਿੰਘ, ਐਡਵੋਕੇਟ ਹਰਪ੍ਰੀਤ ਕੌਰ ਅਤੇ ਬੀਬੀ ਹਰਲੀਨ ਕੌਰ ਸੀ.ਏ ‘ਤੇ ਅਧਾਰਿਤ ਟੀਮ ਨੇ ਜਦੋਂ ਇਸ ਮਾਮਲੇ ਦੀ ਜਾਂਚ ਕਰਕੇ ਸੱਚ ਸਾਹਮਣੇ ਲਿਆ ਦਿੱਤਾ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਘੱਟ ਹੋਣ ਦੀ ਥਾਂ ਭੇਟਾ ਜਮਾਂ ਵਿੱਚ ਹੇਰਾਫੇਰੀ ਦਾ ਮਸਲਾ ਦੱਸ ਕੇ ਇਸ ਮਾਮਲੇ ਨੂੰ ਦਬਾ ਦਿੱਤਾ। ਉਸ ਸਮੇਂ ਸਿੱਖ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਮਾਮਲੇ ਨੂੰ ਅਵਾਜ਼ ਵੀ ਉਠਾਈ, ਪਰ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਇਸ ਮਾਮਲੇ ਦੀ ਜਾਂਚ ਕਰਨ ਦੀ ਮੰਗ ਕਰਦੀਆਂ ਆਵਾਜ਼ਾਂ ਨੂੰ ਆਪਣੇ ਢੰਗ ਨਾਲ ਚੁੱਪ ਕਰਵਾ ਦਿੱਤਾ। ਐਡਵੋਕੇਟ ਸਰਬਜੀਤ ਸਿੰਘ ਵੇਰਕਾ ਅਤੇ ਭਾਈ ਬਲਦੇਵ ਸਿੰਘ ਵਡਾਲਾ ਵਰਗੇ ਕੁੱਝ ਸੱਜਣ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ਵਿੱਚ ਚਲੇ ਗਏ ਅਤੇ ਉਨ੍ਹਾਂ ਵਲੋਂ ਕੀਤੀ ਪੈਰਵੀ ਸਦਕਾ ਮਾਣਯੋਗ ਹਾਈਕੋਰਟ ਨੇ ਐਫ.ਆਈ.ਆਰ ਦਰਜ ਕਰਕੇ ਇਸ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕਰਨ ਦੇ ਆਦੇਸ਼ ਦੇ ਦਿੱਤੇ। ਹਾਈਕੋਰਟ ਦੇ ਇਹਨਾਂ ਹੁਕਮਾਂ ਤਾਮੀਲ ਕਰਦਿਆਂ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਕਰਨ ਸਿੱਟ ਬਣਾਈ ਦਿੱਤੀ। ਇਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਂਚ ਨੂੰ ਰੋਕਣ ਲਈ ਦਰਜ ਕੀਤੀ ਐਫਆਈਆਰ ਦਾ ਵਿਰੋਧ ਕਰਦਿਆਂ ਇਸ ਨੂੰ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿੱਚ ਸਰਕਾਰੀ ਦਖਲਅੰਦਾਜ਼ੀ ਦੱਸਣਾ ਸ਼ੁਰੂ ਕਰ ਦਿੱਤਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਕੋਈ ਸਹਿਯੋਗ ਨਾ ਕਰਨ ਬਾਰੇ ਕਹਿ ਦਿੱਤਾ, ਜਿਸਦੇ ਚਲਦਿਆਂ ਸ਼੍ਰੋਮਣੀ ਕਮੇਟੀ ਨੇ ਸਿੱਟ ਨੂੰ ਜਾਂਚ ਵਿੱਚ ਸਹਿਯੋਗ ਕਰਨ ਤੋਂ ਜਵਾਬ ਦਿੰਦਿਆਂ ਕੋਈ ਰਿਕਾਰਡ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਮਾਮਲੇ ਵਿੱਚ ਜਦੋਂ ਕਿਸੇ ਵੀ ਸਿੱਖ ਜਥੇਬੰਦੀ ਨੇ ਸ਼੍ਰੋਮਣੀ ਕਮੇਟੀ ਦਾ ਸਾਥ ਨਾ ਦਿੱਤਾ ਅਤੇ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਵੱਲੋਂ ਜਾਂਚ ਕੀਤੇ ਜਾਣ ਦੀ ਮੰਗ ਉਠਣ ਲੱਗੀ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਕਮੇਟੀ ਨੂੰ ਜਾਂਚ ਵਿੱਚ ਸਹਿਯੋਗ ਕਰਨ ਦਾ ਆਦੇਸ਼ ਕਰ ਦਿੱਤਾ। ਕੁੱਝ ਸਮਾਂ ਆਨਾਕਾਨੀ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਭਾਵੇਂ ਜਾਂਚ ਕਰ ਸਿੱਟ ਨੂੰ ਕੁੱਝ ਕੁ ਰਿਕਾਰਡ ਮੁੱਹਈਆ ਕਰਵਾ ਦਿੱਤਾ, ਪਰ ਸਿੱਟ ਨੇ ਜਦੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜ਼ਮ ਕਮਲਜੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਸੀ ਏ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਅੱਗੇ ਵਧਾਈ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਪੰਜਾਬ ਦੇ ਡੀਜੀਪੀ ਦੇ ਦਫ਼ਤਰ ਪਹੁੰਚ ਗਈ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ 328 ਸਰੂਪਾਂ ਦੇ ਮਾਮਲੇ ਵਿੱਚ ਆਪਣੇ ਆਪ ਨੂੰ ਗ੍ਰਿਫ਼ਤਾਰੀ ਲਈ ਪੇਸ਼ ਕਰਨ ਲੱਗੀ। ਉਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਹਿ ਦਿੱਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 328 ਸਰੂਪਾਂ ਮਾਮਲੇ ਜਾਂਚ ਅੰਮ੍ਰਿਤਧਾਰੀ ਪੁਲਿਸ ਅਫਸਰ ਹੀ ਕਰਨ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇਸ ਤੋਂ ਪਹਿਲਾਂ ਆਦੇਸ਼ ਕੀਤੇ ਗਏ ਹਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਮਾਮਲੇ ਵਿੱਚ ਮੀਡੀਆ ਵਿੱਚ ਖ਼ਬਰਾਂ ਜਾਂ ਚਰਚਾ ਨਾ ਕੀਤੀ ਜਾਵੇ। ਦੂਸਰੇ ਪਾਸੇ ਇਸ ਸਮੇਂ ਚਰਚਾ ਤਾਂ ਇਸ ਗੱਲ ਦੀ ਵੀ ਹੋ ਰਹੀ ਹੈ ਕਿ ਭਾਵੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਪਵਿੱਤਰ ਸਰੂਪਾਂ ਸਬੰਧੀ ਚੱਲ ਰਹੀ ਜਾਂਚ ਨੂੰ ਰੋਕਣ ਲਈ ਨਿੱਤ ਨਵੇਂ ਨਵੇਂ ਮਨਸੂਬੇ ਅਖਤਿਆਰ ਕਰ ਰਹੇ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇਸ ਮਾਮਲੇ ਵਿੱਚ ਹੁਣ ਨਿਰਪੱਖ ਭੂਮਿਕਾ ਨਿਭਾਉਣੀ ਚਾਹੀਦੀ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
0SubscribersSubscribe
- Advertisement -spot_img

Latest Articles