ਜਗਸੀਰ ਸਿੰਘ ਸੰਧੂ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇੱਕ ਅਹਿਮ ਫੈਸਲਾ ਸੁਣਾਉਂਦਿਆਂ ਹੋਇਆਂ ਮਜੀਠਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜੋਬਨਪ੍ਰੀਤ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮਜੀਠਾ ਵੱਲੋਂ ਜੋਬਨਪ੍ਰੀਤ ਸਿੰਘ ਨਾਮ ਦੇ ਨੌਜਵਾਨ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਸੀ, ਉਸ ਨੂੰ ਮਜੀਠਾ ਥਾਣੇ ਦੀ ਬਿਜਾਏ ਐਸ ਐਚ ਓ ਦੇ ਕੁਆਟਰ ਵਿੱਚ ਰੱਖਿਆ ਹੋਇਆ ਸੀ, ਜਿਸਨੂੰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਮੀਡੀਆ ਦੀ ਹਾਜ਼ਰੀ ਵਿੱਚ ਐਸ.ਐਚ.ਓ ਦੇ ਕਮਰੇ ਵਿੱਚੋਂ ਛਡਵਾਇਆ ਲਿਆ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਦੀ ਪੁਲਿਸ ਨਾਲ ਕਾਫੀ ਤਕਰਾਰ ਵੀ ਹੋਈ ਸੀ, ਪਰ ਪੁਲਿਸ ਨੇ ਬਾਅਦ ਵਿੱਚ ਜੋਬਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਮਾਮਲੇ ਨੂੰ ਲੈ ਕੇ ਮਜੀਠਾ ਪੁਲਿਸ ਵੱਲੋਂ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਵੀ ਇੱਕ ਵੱਖਰਾ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਕਰਕੇ ਬਿਕਰਮ ਸਿੰਘ ਮਜੀਠੀਆ ਰੂਪੋਸ ਹੋ ਹਨ। ਸ਼੍ਰੋਮਣੀ ਅਕਾਲੀ ਦਲ ਦੀ ਕਾਨੂੰਨੀ ਟੀਮ ਵੱਲੋਂ ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਚੰਡੀਗੜ੍ਹ ਹਾਈਕੋਰਟ ਵਿੱਚ ਇੱਕ ਪਟੀਸ਼ਨ ਪਾਈ ਗਈ ਸੀ ਕਿ ਜੋਬਨਪ੍ਰੀਤ ਸਿੰਘ ਨੂੰ ਗੈਰ ਕਾਨੂੰਨੀ ਤੌਰ ‘ਤੇ ਪੁਲਿਸ ਹਿਰਾਸਤ ਵਿੱਚ ਰੱਖਿਆ ਹੋਇਆ ਹੈ, ਜਿਸ ‘ਤੇ ਮਾਨਯੋਗ ਹਾਈਕੋਰਟ ਨੇ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨੂੰ ਤਲਬ ਕਰਕੇ ਜੋਬਨਪ੍ਰੀਤ ਦੀ ਗ੍ਰਿਫਤਾਰੀ ਸਬੰਧੀ ਜਵਾਬ ਮੰਗਿਆ ਸੀ। ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਦਿਨ ਦਾ ਟਾਇਮ ਮੰਗਿਆ ਗਿਆ ਸੀ, ਭਾਵੇਂ ਦੂਸਰੇ ਦਿਨ ਮਜੀਠਾ ਪੁਲਿਸ ਨੇ ਐਫ.ਆਈ.ਆਰ ਦੀ ਕਾਪੀ ਪੇਸ਼ ਕਰਦਿਆਂ ਜੋਬਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰਨ ਸਬੰਧੀ ਆਪਣਾ ਪੱਖ ਰੱਖਿਆ, ਪਰ ਅੱਜ ਚਾਰ ਘੰਟੇ ਚੱਲੀ ਸੁਣਵਾਈ ਦੌਰਾਨ ਦੋਵੇਂ ਧਿਰਾਂ ਦਾ ਪੱਖ ਸੁਣਨ ਤੋਂ ਬਾਅਦ ਮਾਨਯੋਗ ਹਾਈਕੋਰਟ ਨੇ ਜੋਬਨਪ੍ਰੀਤ ਸਿੰਘ ਨੂੰ ਤੁਰੰਤ ਰਿਹਾਅ ਕਰਨ ਦਾ ਹੁਕਮ ਸੁਣਾ ਦਿੱਤਾ ਹੈ। ਹਾਈਕੋਰਟ ਦੇ ਇਸ ਫੈਸਲੇ ਨਾਲ ਮਜੀਠਾ ਪੁਲਿਸ ਵੱਲੋਂ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਕੀਤੇ ਕੇਸ ਉੱਪਰ ਵੀ ਅਸਰ ਪੈਣ ਦੀ ਸੰਭਾਵਨਾ ਹੈ ਅਤੇ ਬਿਕਰਮ ਸਿੰਘ ਮਜੀਠੀਆ ਇਸ ਮਾਮਲੇ ਨੂੰ ਵੱਡੀ ਰਾਹਤ ਮਿਲ ਸਕਦੀ ਹੈ।